ਬੇਅਦਬੀ ਮਾਮਲੇ ਸਬੰਧੀ ਜਾਰੀ ਕੀਤੀ ਗਈ ਰਿਪੋਰਟ ‘ਤੇ ਕਾਂਗਰਸ ਨੇ ਚੁੱਕੀ ਉਂਗਲ, ਦਿੱਤਾ ਵੱਡਾ ਬਿਆਨ

0
99
Congress

ਚੰਡੀਗੜ੍ਹ 4 ਜੁਲਾਈ 2022 :  ਦੀ ਜਾਂਚ ਲਈ ਗਠਿਤ ਵਿਸ਼ੇਸ਼ ਜਾਂਚ ਟੀਮ (ਸਿਟ) ਨੇ ਇਨ੍ਹਾਂ ਘਟਨਾਵਾਂ ਲਈ ਡੇਰਾ ਸਿਰਸਾ ਮੁਖੀ ਤੇ ਕਈ ਹੋਰ ਡੇਰਾ ਪ੍ਰੇਮੀਆਂ ਨੂੰ ਕਥਿਤ ਸਾਜ਼ਿਸ਼ਕਾਰ ਕਰਾਰ ਦਿੱਤਾ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਸ ਦੀ ਪੈਰਵੀ ਕਰ ਰਹੀਆਂ ਸਿੱਖ ਜਥੇਬੰਦੀਆਂ ਨੂੰ ਰਿਪੋਰਟ ਦੀਆਂ ਕਾਪੀਆਂ ਸੌਂਪ ਦਿੱਤੀਆਂ ਹਨ।

ਉਧਰ, ਵਿਰੋਧੀ ਧਿਰਾਂ ਨੇ ਸਰਕਾਰ ਨੂੰ ਘੇਰਦਿਆਂ ਸਵਾਲ ਕੀਤੇ ਹਨ ਕਿ ਕੈਪਟਨ ਸਰਕਾਰ ਵੇਲੇ ਬੇਅਦਬੀ ਕਾਂਡ ਵਿਚ ਬਾਦਲਾਂ ਦੀ ਸ਼ਮੂਲੀਅਤ ਦਾ ਰੌਲਾ ਪਾਉਣ ਵਾਲੇ ਭਗਵੰਤ ਮਾਨ ਹੁਣ ਸਿੱਟ ਦੀ ਫਾਇਨਲ ਰਿਪੋਰਟ ‘ਚ ਬਾਦਲਾਂ ਨੂੰ ਖੁਦ ਕਲੀਨ ਚਿੱਟ ਦੇ ਰਹੇ ਹਨ।

ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬੇਅਦਬੀ ਮਾਮਲੇ ਸਬੰਧੀ ਜਾਰੀ ਕੀਤੀ ਗਈ ਰਿਪੋਰਟ ‘ਤੇ ਉਂਗਲ ਉਠਾਈ ਹੈ। ਉਨ੍ਹਾਂ ਕਿਹਾ ਕਿ ਇਸ ਰਿਪੋਰਟ ਵਿੱਚ ਡੇਰਾ ਮੁਖੀ ਅਤੇ ਉਨ੍ਹਾਂ ਦੇ ਪੈਰੋਕਾਰਾਂ ਦੀ ਸ਼ਮੂਲੀਅਤ ਦਰਸਾਈ ਗਈ ਹੈ ਜਦੋਂ ਕਿ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਖ਼ੁਦ ਚੋਣਾਂ ਤੋਂ ਪਹਿਲਾਂ ਆਖਦੇ ਸਨ ਕਿ ਬੇਅਦਬੀ ਮਾਮਲਿਆਂ ਵਿਚ ਬਾਦਲਾਂ ਦੀ ਸ਼ਮੂਲੀਅਤ ਹੈ, ਜਿਨ੍ਹਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਰਿਪੋਰਟ ਬਾਦਲਾਂ ਦੀ ਭੂਮਿਕਾ ਬਾਰੇ ਚੁੱਪ ਹੈ, ਅਚਾਨਕ ਅਜਿਹਾ ਕਿਉਂ ਹੋ ਗਿਆ ਹੈ।

ਕਾਂਗਰਸ ਪਾਰਟੀ ਦੇ ਵਿਧਾਇਕ ਸੁਖਪਾਲ ਖਹਿਰਾ ਨੇ ਕਿਹਾ ਕਿ ਬੇਅਦਬੀ ਮਾਮਲੇ ਦੀ ਬਰਗਾੜੀ ਕਾਂਡ ਦੀ ਜਿਹੜੀ ਜਾਂਚ ਰਿਪੋਰਟ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜਾਰੀ ਕੀਤੀ ਗਈ ਹੈ, ਉਹ ਜਾਅਲੀ ਹੈ, ਜਿਸ ਵਿਚ ਸਿੱਧੇ ਤੌਰ ’ਤੇ ਬਾਦਲਾਂ ਨੂੰ ਬਚਾਇਆ ਜਾ ਰਿਹਾ ਹੈ ਜੋ ਸਿੱਖ ਸੰਗਤ ਨੂੰ ਬਿਲਕੁਲ ਮਨਜ਼ੂਰ ਨਹੀਂ।

ਉਨ੍ਹਾਂ ਕਿਹਾ ਕਿ ਬੇਸ਼ੱਕ ਇਸ ਰਿਪੋਰਟ ਵਿਚ ਡੇਰਾ ਸਿਰਸਾ ਮੁਖੀ ਰਾਮ ਰਹੀਮ ਨੂੰ ਨਾਮਜ਼ਦ ਕੀਤਾ ਗਿਆ ਪਰ 2015-2017 ਵਿਚ ਜਿਨ੍ਹਾਂ ਦੀ ਸਰਕਾਰ ਸੀ, ਉਸ ਸਮੇਂ ਬੇਅਦਬੀ ਕਰਨ ਵਾਲੇ ਲੋਕਾਂ ਨੂੰ ਪਨਾਹ ਦਿੱਤੀ ਗਈ ਅਤੇ ਗੁਨਾਹ ਕਰਨ ਵਾਲਿਆਂ ਨੂੰ ਬਚਾਇਆ ਗਿਆ।

ਵਿਧਾਇਕ ਨੇ ਕਿਹਾ ਕਿ ਬੇਅਦਬੀ ਤੋਂ ਬਾਅਦ ਬਹਿਬਲ ਕਲਾਂ ਮੋਰਚੇ ਦੌਰਾਨ ਬਾਦਲਾਂ ਨੇ ਗੋਲੀ ਚਲਾਉਣ ਦੇ ਹੁਕਮ ਦਿੱਤੇ ਜਿਸ ਦਾ ਹਲਫ਼ੀਆ ਬਿਆਨ ਉਸ ਸਮੇਂ ਦੇ ਡੀਜੀਪੀ ਸੁਮੇਧ ਸੈਣੀ ਨੇ ਰਿਪੋਰਟ ’ਚ ਦਿੱਤਾ। ਖਹਿਰਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਪਿਛਲੀ ਕਾਂਗਰਸ ਸਰਕਾਰ ਦੌਰਾਨ ਕੈਪਟਨ ਅਮਰਿੰਦਰ ਸਿੰਘ ਉਤੇ ਦੋਸ਼ ਲਗਾਉਂਦੇ ਰਹੇ ਕਿ ਕਾਂਗਰਸ ਅਤੇ ਅਕਾਲੀ ਮਿਲੇ ਹੋਏ ਹਨ ਪਰ ਉਹ ਮੁੱਖ ਮੰਤਰੀ ਨੂੰ ਪੁੱਛਣਾ ਚਾਹੁੰਦੇ ਹਨ ਕਿ ਕੀ ਹੁਣ ‘ਆਪ’ ਅਤੇ ਅਕਾਲੀ ਦਲ ਆਪਸ ਵਿਚ ਰਲੇ ਹੋਏ ਹਨ। ਉਨ੍ਹਾਂ ਕਿਹਾ ਕਿ ਬੇਅਦਬੀ ਮਾਮਲੇ ’ਚ ‘ਆਪ’ ਸਰਕਾਰ ਵਲੋਂ ਬਾਦਲਾਂ ਨੂੰ ਬਚਾਇਆ ਜਾ ਰਿਹਾ ਹੈ।