Home ਦੇਸ਼ ਮੁੱਖ ਮੰਤਰੀ ਭਗਵੰਤ ਮਾਨ 18 ਅਪ੍ਰੈਲ ਨੂੰ ਜਾਣਗੇ ਦਿੱਲੀ, ਸਕੂਲਾਂ ਦਾ ਕਰਨਗੇ...
ਚੰਡੀਗੜ੍ਹ 15 ਅਪ੍ਰੈਲ 2022 : ਕੇਜਰੀਵਾਲ ਨਾਲ ਪੰਜਾਬ ਦੇ ਬਿਜਲੀ ਮੁਲਾਜ਼ਮਾਂ ਦੀ ਮੀਟਿੰਗ ਦੇ ਹੰਗਾਮੇ ਤੋਂ ਬਾਅਦ ਹੁਣ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਉਨ੍ਹਾਂ ਦੇ ਅਧਿਕਾਰੀ ਆਉਣ ਵਾਲੇ ਸੋਮਵਾਰ 18 ਅਪ੍ਰੈਲ ਨੂੰ ਦਿੱਲੀ ਦੇ ਸਕੂਲਾਂ ਦਾ ਦੌਰਾ ਕਰਨ ਜਾ ਰਹੇ ਹਨ। ਇਸ ਦੌਰੇ ਦਾ ਮਕਸਦ ਪੰਜਾਬ ਦੇ ਸਕੂਲਾਂ ਨੂੰ ਦਿੱਲੀ ਦੀ ਤਰਜ਼ ‘ਤੇ ਸੁਧਾਰਨਾ ਦੱਸਿਆ ਜਾ ਰਿਹਾ ਹੈ। ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਦੀ ਜਯੰਤੀ ‘ਤੇ ਆਯੋਜਿਤ ਇਕ ਸਮਾਗਮ ‘ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਆਪਣੇ ਸੰਬੋਧਨ ‘ਚ ਮਾਨ ਦੇ ਇਸ ਦੌਰੇ ਦੀ ਪੁਸ਼ਟੀ ਕੀਤੀ ਹੈ।
ਮੁੱਖ ਮੰਤਰੀ ਮਾਨ ਦੀ ਪੰਜਾਬ ਫੇਰੀ ਦਾ ਜ਼ਿਕਰ ਕਰਦਿਆਂ ਕੇਜਰੀਵਾਲ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਸਰਕਾਰੀ ਸਕੂਲਾਂ ‘ਚ ਇਸ ਹੱਦ ਤੱਕ ਸੁਧਾਰ ਕੀਤਾ ਹੈ ਕਿ ਦੁਨੀਆਂ ਭਰ ਤੋਂ ਲੋਕ ਇਨ੍ਹਾਂ ਸ਼ਾਨਦਾਰ ਤਬਦੀਲੀਆਂ ਨੂੰ ਦੇਖਣ ਲਈ ਆ ਰਹੇ ਹਨ। ਉਨ੍ਹਾਂ ਕਿਹਾ ਕਿ ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਪਤਨੀ ਮੇਲਾਨੀਆ ਟਰੰਪ ਆਪਣੀ ਭਾਰਤ ਫੇਰੀ ‘ਤੇ ਦਿੱਲੀ ਦੇ ਸਰਕਾਰੀ ਸਕੂਲ ਨੂੰ ਦੇਖਣ ਆਈ ਸੀ। ਉਨ੍ਹਾਂ ਕਿਹਾ ਕਿ ਇਹ ਸਾਡੇ ਲਈ ਮਾਣ ਵਾਲਾ ਪਲ ਹੈ। ਕੇਜਰੀਵਾਲ ਨੇ ਕਿਹਾ ਕਿ ਹਾਲ ਹੀ ‘ਚ ਤਾਮਿਲਨਾਡੂ ਦੇ ਮੁੱਖ ਮੰਤਰੀ ਐਮਕੇ ਸਟਾਲਿਨ ਦਿੱਲੀ ‘ਚ ਸਰਕਾਰੀ ਸਕੂਲਾਂ ਨੂੰ ਦੇਖਣ ਆਏ ਸਨ।
‘ਆਪ’ ਸੁਪਰੀਮੋ ਨੇ ਕਿਹਾ ਕਿ ਸੋਮਵਾਰ, 18 ਅਪ੍ਰੈਲ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਆਪਣੇ ਕਈ ਅਧਿਕਾਰੀਆਂ ਨਾਲ ਸਾਡੇ ਸਰਕਾਰੀ ਸਕੂਲਾਂ ਦਾ ਦੌਰਾ ਕਰਨ ਲਈ ਆਉਣਗੇ। ਉਹ ਇਹ ਦੇਖਣ ਲਈ ਆ ਰਹੇ ਹਨ ਕਿ ਅਜਿਹੇ ਸੁਧਾਰ ਕਿਵੇਂ ਕੀਤੇ ਜਾਂਦੇ ਹਨ, ਕਿਉਂਕਿ ਉਨ੍ਹਾਂ ਨੇ ਪੰਜਾਬ ਵਿੱਚ ਵੀ ਅਜਿਹਾ ਹੀ ਕਰਨਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਆਪਣੇ ਸਕੂਲਾਂ ਵਿੱਚ ਇਸ ਪੱਧਰ ਤੱਕ ਸੁਧਾਰ ਕੀਤਾ ਹੈ ਕਿ ਪ੍ਰਾਈਵੇਟ ਸਕੂਲਾਂ ਦੇ 3.75 ਲੱਖ ਵਿਦਿਆਰਥੀ ਸਰਕਾਰੀ ਸਕੂਲਾਂ ਵਿੱਚ ਜਾ ਚੁੱਕੇ ਹਨ। ਕੇਜਰੀਵਾਲ ਨੇ ਦਾਅਵਾ ਕੀਤਾ ਕਿ ਪਿਛਲੇ ਪੰਜ ਸਾਲਾਂ ਵਿੱਚ ਅਸੀਂ ਸਰਕਾਰੀ ਸਕੂਲਾਂ ਦਾ ਮਿਆਰ ਇਸ ਹੱਦ ਤੱਕ ਸੁਧਾਰਿਆ ਹੈ ਕਿ ਹੁਣ ਇੱਕ ਜੱਜ, ਇੱਕ ਆਈਏਐਸ ਅਧਿਕਾਰੀ ਅਤੇ ਇੱਕ ਰਿਕਸ਼ਾ ਚਾਲਕ ਦੇ ਬੱਚੇ ਇੱਕੋ ਬੈਂਚ ‘ਤੇ ਪੜ੍ਹ ਰਹੇ ਹਨ।
ਆਮ ਆਦਮੀ ਪਾਰਟੀ ਦੇ ਕਨਵੀਨਰ ਨੇ ਇਹ ਵੀ ਦੋਸ਼ ਲਾਇਆ ਕਿ ਸਿਆਸੀ ਆਗੂਆਂ ਅਤੇ ਪਾਰਟੀਆਂ ਨੇ ਪਿਛਲੇ ਸਮੇਂ ਦੌਰਾਨ ਦਲਿਤ ਬੱਚਿਆਂ ਨੂੰ ਅਣਪੜ੍ਹ ਰੱਖ ਕੇ ਉਨ੍ਹਾਂ ਵਿਰੁੱਧ ਸਾਜ਼ਿਸ਼ ਰਚੀ ਹੈ। ਸਾਡੇ ਸਿਆਸੀ ਆਗੂਆਂ ਨੇ ਦੱਬੇ-ਕੁਚਲੇ ਅਤੇ ਗਰੀਬਾਂ ਵਿਰੁੱਧ ਸਾਜ਼ਿਸ਼ ਰਚੀ। ਗਰੀਬਾਂ ਨੂੰ ਜਾਣਬੁੱਝ ਕੇ ਮਾੜੀ ਸਿੱਖਿਆ ਨਹੀਂ ਦਿੱਤੀ ਗਈ ਪਰ ਅਸੀਂ ਸੱਤਾ ਵਿਚ ਆ ਕੇ ਸਰਕਾਰੀ ਸਕੂਲਾਂ ਦਾ ਮਿਆਰ ਉੱਚਾ ਕੀਤਾ ਹੈ।