ਸੂਬੇ ‘ਚ ਪੋਸਟ ਮੈਟ੍ਰਿਕ ਵਜੀਫਾ ਘੁਟਾਲੇ ‘ਚ ਸ਼ਾਮਲ ਲੋਕ ਜਲਦ ਹੀ ਸਲਾਖਾਂ ਪਿੱਛੇ ਹੋਣਗੇ : CM ਭਗਵੰਤ ਮਾਨ

0
86
CM Bhagwant Mann

ਚੰਡੀਗੜ੍ਹ 15 ਅਪ੍ਰੈਲ 2022 : ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਸੂਬੇ ‘ਚ ਪੋਸਟ ਮੈਟ੍ਰਿਕ ਵਜੀਫਾ ਘੁਟਾਲੇ ‘ਚ ਸ਼ਾਮਲ ਲੋਕ ਜਲਦ ਹੀ ਸਲਾਖਾਂ ਪਿੱਛੇ ਹੋਣਗੇ। ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਘਿਨੌਣਾ ਅਪਰਾਧ ਹੈ, ਜਿਸ ਦੇ ਦੋਸ਼ੀਆਂ ਨੂੰ ਕਿਸੇ ਵੀ ਕੀਮਤ ‘ਤੇ ਬਖਸ਼ਿਆ ਨਹੀਂ ਜਾਵੇਗਾ। ਜ਼ਿਕਰਯੋਗ ਹੈ ਕਿ ਸਾਬਕਾ ਕਾਂਗਰਸ ਸਰਕਾਰ ਦੌਰਾਨ ਪੋਸਟ ਮੈਟ੍ਰਿਕ ਵਜ਼ੀਫਾ ਘੁਟਾਲਾ ਹੋਇਆ ਸੀ, ਜਿਸ ਵਿਚ ਕਈ ਸਿਆਸਤਦਾਨਾਂ ਦੇ ਨਾਂ ਵੀ ਸਾਹਮਣੇ ਆਏ ਸਨ।

ਮੁੱਖ ਮੰਤਰੀ ਨੇ ਕਿਹਾ ਕਿ ਜਲਦੀ ਹੀ ਇਸ ਘਪਲੇ ਦੇ ਮੁੱਖ ਦੋਸ਼ੀ ਜੇਲ੍ਹ ਵਿੱਚ ਬਿਹਤਰ ਸਹੂਲਤਾਂ ਲਈ ਅਦਾਲਤਾਂ ਵਿੱਚ ਅਰਜ਼ੀਆਂ ਦਾਇਰ ਕਰਕੇ ਪਾਏ ਜਾਣਗੇ। ਮੁੱਖ ਮੰਤਰੀ ਨੇ ਕਿਹਾ ਕਿ ਕੁਝ ਦਿਨ ਪਹਿਲਾਂ ਸੂਬੇ ਦੇ ਸੀਨੀਅਰ ਅਧਿਕਾਰੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਨਿਰਦੇਸ਼ਾਂ ‘ਤੇ ਹੀ ਨਵੀਂ ਦਿੱਲੀ ਵਿਖੇ ਸਿਖਲਾਈ ਲੈਣ ਗਏ ਸਨ। ਉਨ੍ਹਾਂ ਕਿਹਾ ਕਿ ਜੇਕਰ ਅਧਿਕਾਰੀ ਕੇਜਰੀਵਾਲ ਨਾਲ ਮੀਟਿੰਗ ਵਿੱਚ ਕੁਝ ਸਿੱਖਣ ਤੋਂ ਬਾਅਦ ਆਏ ਹਨ ਤਾਂ ਇਸ ਵਿੱਚ ਕੋਈ ਗੁਨਾਹ ਨਹੀਂ ਹੈ। ਇਹ ਅਧਿਕਾਰੀ ਟ੍ਰੇਨਿੰਗ ਲਈ ਗੁਜਰਾਤ ਜਾਂਦੇ ਰਹੇ ਹਨ, ਤਾਮਿਲਨਾਡੂ ਜਾਂਦੇ ਰਹੇ ਹਨ। ਜੇਕਰ ਪੰਜਾਬ ਦੀ ਬਿਹਤਰੀ ਲਈ ਅਫ਼ਸਰਾਂ ਨੂੰ ਇਜ਼ਰਾਈਲ ਭੇਜਣਾ ਪਿਆ ਤਾਂ ਮੈਂ ਭੇਜਾਂਗਾ।

ਭਗਵੰਤ ਮਾਨ ਨੇ ਕਿਹਾ ਕਿ ਇਸ ਮੁੱਦੇ ‘ਤੇ ਵਿਰੋਧੀ ਪਾਰਟੀਆਂ ਵੱਲੋਂ ਰੌਲਾ ਪਾਇਆ ਜਾ ਰਿਹਾ ਹੈ। ਉਨ੍ਹਾਂ ਵਿਰੋਧੀ ਪਾਰਟੀਆਂ ਨੂੰ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਜਿੱਥੇ ਵੀ ਸਾਡੇ ਅਫਸਰਾਂ ਨੂੰ ਦੂਜੇ ਰਾਜਾਂ ਜਾਂ ਮੁਲਕਾਂ ਵਿਚ ਚੰਗੀ ਸਿਖਲਾਈ ਮਿਲੇਗੀ, ਉਥੇ ਰਾਜ ਸਰਕਾਰ ਦੇ ਅਧਿਕਾਰੀ ਜ਼ਰੂਰ ਜਾਣਗੇ ਕਿਉਂਕਿ ਸਿਖਲਾਈ ਲੈਣ ਦਾ ਪੰਜਾਬ ਨੂੰ ਫਾਇਦਾ ਹੋਵੇਗਾ। ਮੁੱਖ ਮੰਤਰੀ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਲੋਕਾਂ ਨੂੰ ਦਿੱਤੀਆਂ ਗਈਆਂ ਗਾਰੰਟੀਆਂ ਵਿੱਚੋਂ ਹਰ ਇੱਕ ਨੂੰ ਪੂਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਨਵੀਂ ਸਰਕਾਰ ਬਣੀ ਨੂੰ ਇੱਕ ਮਹੀਨੇ ਤੋਂ ਵੀ ਘੱਟ ਸਮਾਂ ਬੀਤ ਗਿਆ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨਾਲ ਕੀਤਾ ਹਰ ਵਾਅਦਾ ਹਰ ਹਾਲਤ ਵਿੱਚ ਪੂਰਾ ਕੀਤਾ ਜਾਵੇਗਾ।

ਇੱਕ ਸਵਾਲ ਦੇ ਜਵਾਬ ਵਿੱਚ ਭਗਵੰਤ ਮਾਨ ਨੇ ਕਿਹਾ ਕਿ ਮੰਤਰੀਆਂ ਲਈ ਨਵੀਆਂ ਗੱਡੀਆਂ ਖਰੀਦਣ ਦਾ ਕੋਈ ਪ੍ਰਸਤਾਵ ਸੂਬਾ ਸਰਕਾਰ ਦੇ ਵਿਚਾਰ ਅਧੀਨ ਨਹੀਂ ਹੈ। ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਵੱਲੋਂ ਬਿਨਾਂ ਕਿਸੇ ਆਧਾਰ ਦੇ ਇਸ ਨੂੰ ਮੁੱਦਾ ਬਣਾਇਆ ਜਾ ਰਿਹਾ ਹੈ। ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਦਾ ਨਵੀਆਂ ਗੱਡੀਆਂ ਖਰੀਦਣ ਦਾ ਕੋਈ ਇਰਾਦਾ ਨਹੀਂ ਹੈ। ਸਾਬਕਾ ਮੰਤਰੀਆਂ ‘ਤੇ ਵਰ੍ਹਦਿਆਂ ਉਨ੍ਹਾਂ ਕਿਹਾ ਕਿ ਉਨ੍ਹਾਂ ਕੋਲ ਜੋ ਸਰਕਾਰੀ ਗੱਡੀਆਂ ਹਨ, ਉਹ ਵੀ ਵਾਪਸ ਲੈ ਲਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਕੇਂਦਰ ਵੱਲੋਂ ਸਪਾਂਸਰਡ ਸਕੀਮਾਂ ਤਹਿਤ ਪ੍ਰਾਪਤ ਫੰਡਾਂ ਦੀ ਵਰਤੋਂ ਲੋਕਾਂ ਦੀ ਬਿਹਤਰੀ ਲਈ ਤਰਕਸੰਗਤ ਢੰਗ ਨਾਲ ਕਰੇਗੀ।

ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਪੇਂਡੂ ਵਿਕਾਸ ਫੰਡ ਜਲਦੀ ਹੀ ਜਾਰੀ ਕਰੇਗੀ ਕਿਉਂਕਿ ਜੇਕਰ ਮੰਤਰੀ ਮੰਡਲ ਨੇ ਪਿਛਲੇ ਦਿਨੀਂ ਹੋਈ ਮੀਟਿੰਗ ਵਿੱਚ ਪੰਜਾਬ ਪੇਂਡੂ ਵਿਕਾਸ ਸੋਧ ਆਰਡੀਨੈਂਸ ਨੂੰ ਪ੍ਰਵਾਨਗੀ ਦੇ ਦਿੱਤੀ ਹੈ ਤਾਂ ਕੇਂਦਰੀ ਫੰਡ ਵੀ ਮਿਲ ਜਾਣਗੇ। ਭਗਵੰਤ ਮਾਨ ਨੇ ਕਿਹਾ ਕਿ ਕੇਂਦਰ ਨੇ ਇਹ ਫੰਡ ਇਸ ਲਈ ਰੋਕ ਦਿੱਤੇ ਹਨ ਕਿਉਂਕਿ ਪਿਛਲੀਆਂ ਸਰਕਾਰਾਂ ਨੇ ਆਪਣੇ ਸਿਆਸੀ ਹਿੱਤਾਂ ਦੀ ਪੂਰਤੀ ਲਈ ਇਨ੍ਹਾਂ ਫੰਡਾਂ ਦੀ ਵਰਤੋਂ ਹੋਰ ਕੰਮਾਂ ਲਈ ਕੀਤੀ ਸੀ।