36,000 ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਪ੍ਰਪੋਜ਼ਲ ਤਿਆਰ, ਸਬ-ਕਮੇਟੀ ਦੀ ਅੱਜ ਹੋਵੇਗੀ ਮੀਟਿੰਗ

0
104
employees

ਚੰਡੀਗੜ੍ਹ 26 ਜੁਲਾਈ 2022 : ਪੰਜਾਬ ਵਿੱਚ 36,000 ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਲਈ ਪ੍ਰਪੋਜ਼ਲ ਤਿਆਰ ਕੀਤਾ ਜਾ ਰਿਹਾ ਹੈ। ਇਸ ਸਬੰਧੀ ਮੰਗਲਵਾਰ ਨੂੰ ਪੰਜਾਬ ਕੈਬਨਿਟ ਸਬ- ਕਮੇਟੀ ਦੀ ਮੀਟਿੰਗ ਹੋਵੇਗੀ। ਮੀਟਿੰਗ ਦੀ ਅਗਵਾਈ ਵਿੱਤ ਮੰਤਰੀ ਹਰਪਾਲ ਚੀਮਾ ਕਰਨਗੇ। ਉਨ੍ਹਾਂ ਦੇ ਨਾਲ ਖੇਡ ਮੰਤਰੀ ਗੁਰਮੀਤ ਮੀਤ ਹੇਅਰ ਅਤੇ ਸਿੱਖਿਆ ਮੰਤਰੀ ਹਰਜੋਤ ਬੈਂਸ ਵੀ ਹੋਣਗੇ।

ਪਿਛਲੀ ਮੀਟਿੰਗ ਵਿੱਚ ਸਬ-ਕਮੇਟੀ ਨੇ ਸਾਰੇ ਅਧਿਕਾਰੀਆਂ ਤੋਂ ਉਨ੍ਹਾਂ ਦੇ ਵਿਭਾਗਾਂ ਦੇ ਕੱਚੇ ਮੁਲਾਜ਼ਮਾਂ ਬਾਰੇ ਜਾਣਕਾਰੀ ਮੰਗੀ ਸੀ, ਜਿਸ ਦਾ ਪੂਰਾ ਰਿਕਾਰਡ ਹੁਣ ਮਿਲ ਗਿਆ ਹੈ।

‘ਆਪ’ ਸਰਕਾਰ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਸੀ ਕਿ ਪੰਜਾਬ ‘ਚ ਕੰਮ ਕਰਦੇ 36 ਹਜ਼ਾਰ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇਗਾ। ਕਿਸੇ ਵੀ ਕਾਨੂੰਨੀ ਅੜਿੱਕੇ ਤੋਂ ਬਚਣ ਲਈ ਇਸ ਬਾਰੇ ਸੋਚ-ਵਿਚਾਰ ਕਰਕੇ ਨੀਤੀ ਤਿਆਰ ਕੀਤੀ ਜਾ ਰਹੀ ਹੈ। ਇਸ ਦੇ ਲਈ ਵਿੱਤ ਮੰਤਰੀ ਹਰਪਾਲ ਚੀਮਾ ਦੀ ਅਗਵਾਈ ਹੇਠ ਸਬ-ਕਮੇਟੀ ਬਣਾਈ ਗਈ ਹੈ। ਜਿਸ ਵਿੱਚ ਉਚੇਰੀ ਸਿੱਖਿਆ ਮੰਤਰੀ ਗੁਰਮੀਤ ਮੀਤ ਹੇਅਰ ਅਤੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੂੰ ਵੀ ਰੱਖਿਆ ਗਿਆ ਹੈ।

ਪਿਛਲੀ ਕਾਂਗਰਸ ਸਰਕਾਰ ਵੇਲੇ ਵੀ ਇਨ੍ਹਾਂ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਐਲਾਨ ਕੀਤਾ ਗਿਆ ਸੀ। ਤਤਕਾਲੀ ਸੀ.ਐੱਮ. ਚਰਨਜੀਤ ਚੰਨੀ ਦੀ ਅਗਵਾਈ ਵਿੱਚ ਸਰਕਾਰ ਨੇ ਕੈਬਨਿਟ ਵਿੱਚ ਮਤਾ ਪਾਸ ਕਰਕੇ ਰਾਜਪਾਲ ਨੂੰ ਭੇਜਿਆ ਸੀ। ਹਾਲਾਂਕਿ ਇਸ ਨੂੰ ਰਾਜਪਾਲ ਦੀ ਮਨਜ਼ੂਰੀ ਨਹੀਂ ਮਿਲੀ। ਗਵਰਨਰ ਦਫ਼ਤਰ ਵੱਲੋਂ ਕਈ ਅਦਾਲਤਾਂ ਵਿੱਚ ਚੱਲ ਰਹੇ ਕੇਸਾਂ ’ਤੇ ਇਤਰਾਜ਼ ਜਤਾਇਆ ਗਿਆ ਸੀ ਅਤੇ ਸਰਕਾਰ ਤੋਂ ਸਪੱਸ਼ਟੀਕਰਨ ਮੰਗਿਆ ਗਿਆ ਸੀ। ਚੰਨੀ ਸਰਕਾਰ ਨੇ ਇਤਰਾਜ਼ ਦੂਰ ਨਹੀਂ ਕੀਤੇ। ਚੋਣਾਂ ਵਿੱਚ ਲਾਹਾ ਲੈਣ ਲਈ ਪੰਜਾਬ ਭਰ ਵਿੱਚ ਪਹਿਲਾਂ ਹੀ ਮੁਲਾਜ਼ਮਾਂ ਨੂੰ ਪੱਕੇ ਕਰਨ ਲਈ ਬੋਰਡ ਲਗਾ ਦਿੱਤੇ ਗਏ ਸਨ।