ਬਿਕਰਮ ਮਜੀਠੀਆ ਨੇ ਦੱਸਿਆ ਖੁਦ ਦੀ ਜਾਨ ਨੂੰ ਖਤਰਾ, ਅਦਾਲਤ ‘ਚ ਦਿੱਤੀ ਅਰਜ਼ੀ

0
105

ਚੰਡੀਗੜ੍ਹ 5 ਅਪ੍ਰੈਲ 2022 : ਐਨ.ਡੀ.ਪੀ.ਐਸ ਐਕਟ ਤਹਿਤ ਦਰਜ ਕੇਸ ‘ਚ ਕੇਂਦਰੀ ਜੇਲ੍ਹ ਪਟਿਆਲਾ ‘ਚ ਬੰਦ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਅਦਾਲਤ ‘ਚ ਪੇਸ਼ੀ ਦੌਰਾਨ ਦੱਸਿਆ ਕਿ ਉਹ ਜੇਲ੍ਹ ‘ਚ ਸੁਰੱਖਿਅਤ ਨਹੀਂ ਹੈ। ਉਸਨੇ ਕਿਹਾ ਕਿ ਉਸਨੂੰ ਜੇਲ੍ਹ ਵਿੱਚ ਬੰਦ ਗੈਂਗਸਟਰਾਂ ਅਤੇ ਅੱਤਵਾਦੀਆਂ ਤੋਂ ਖਤਰਾ ਹੈ। ਇਸ ਮਾਮਲੇ ‘ਤੇ ਮਜੀਠੀਆ ਦੇ ਵਕੀਲ ਨੇ ਅਦਾਲਤ ‘ਚ ਪਟੀਸ਼ਨ ਦਾਇਰ ਕੀਤੀ ਹੈ।

ਦੱਸਦਈਏ ਕਿ ਅੱਜ ਬਿਕਰਮ ਮਜੀਠੀਆ ਦੀ ਮੁਹਾਲੀ ਅਦਾਲਤ ‘ਚ ਵੀਡੀਓ ਕਾਨਫਰੰਸਿੰਗ ਰਾਹੀਂ ਸੁਣਵਾਈ ਹੋਈ। ਇਸ ਦੌਰਾਨ ਉਸ ਨੇ ਕਿਹਾ ਕਿ ‘ਇੱਥੇ ਸਭ ਠੀਕ ਨਹੀਂ ਹੈ’ ਇਸ ਦੇ ਨਾਲ ਹੀ ਉਸ ਨੇ ਅਦਾਲਤ ਤੋਂ ਮੰਗ ਕੀਤੀ ਕਿ ਉਸ ਨੂੰ ਦੁਬਾਰਾ ਜੇਲ੍ਹ ਦੇ ਸਪੈਸ਼ਲ ਸੈੱਲ ‘ਚ ਤਬਦੀਲ ਕੀਤਾ ਜਾਵੇ।

ਦੱਸਦਈਏ ਕਿ ਇਸ ਸਮੇਂ ਮਜੀਠੀਆ ਪਟਿਆਲਾ ਕੇਂਦਰੀ ਜੇਲ੍ਹ ‘ਚ ਬੰਦ ਹਨ। ਉਸ ਖ਼ਿਲਾਫ਼ ਕੇਸ ਦਰਜ ਹੋਣ ਤੋਂ ਬਾਅਦ ਉਸ ਨੇ ਮੁਹਾਲੀ ਅਦਾਲਤ ‘ਚ ਅਗਾਊਂ ਜ਼ਮਾਨਤ ਲਈ ਅਰਜ਼ੀ ਦਿੱਤੀ ਸੀ, ਪਰ ਇਸ ਨੂੰ ਰੱਦ ਕਰ ਦਿੱਤਾ ਗਿਆ ਸੀ। ਇਸ ਤੋਂ ਬਾਅਦ ਉਹ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਗਏ। ਉੱਥੇ ਕੁਝ ਦਿਨਾਂ ਦੀ ਅੰਤਰਿਮ ਰਾਹਤ ਤੋਂ ਬਾਅਦ ਉਸ ਦੀ ਪਟੀਸ਼ਨ ਰੱਦ ਕਰ ਦਿੱਤੀ ਗਈ।

ਇਸ ਤੋਂ ਬਾਅਦ ਉਨ੍ਹਾਂ ਨੇ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ, ਜਿੱਥੇ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਉਨ੍ਹਾਂ ਦੀ ਗ੍ਰਿਫਤਾਰੀ ‘ਤੇ 23 ਫਰਵਰੀ ਤੱਕ ਰੋਕ ਲਗਾ ਦਿੱਤੀ ਗਈ। ਇਸ ਤੋਂ ਬਾਅਦ 24 ਫਰਵਰੀ ਨੂੰ ਅਦਾਲਤ ਵਿੱਚ ਆਤਮ ਸਮਰਪਣ ਕਰਦੇ ਹੀ ਉਸ ਨੂੰ ਜੇਲ੍ਹ ਭੇਜ ਦਿੱਤਾ ਗਿਆ। ਮਜੀਠੀਆ ਨੇ ਦੋਸ਼ ਲਾਇਆ ਕਿ ਚੋਣਾਂ ਕਾਰਨ ਉਨ੍ਹਾਂ ਨੂੰ ਫਸਾਉਣ ਲਈ ਇਹ ਕੇਸ ਦਰਜ ਕੀਤਾ ਗਿਆ ਹੈ।