ਚੰਡੀਗੜ੍ਹ 20 ਜੁਲਾਈ 2022 : ਪੰਜਾਬ ਵਿੱਚ ਆਮ ਆਦਮੀ ਪਾਰਟੀ (ਆਪ) ਸਰਕਾਰ ਦੇ ਮੁਹੱਲਾ ਕਲੀਨਿਕ 15 ਅਗਸਤ ਤੋਂ ਸ਼ੁਰੂ ਹੋਣਗੇ। ਮੁੱਢਲੇ ਤੌਰ ’ਤੇ 75 ਮੁਹੱਲਾ ਕਲੀਨਿਕ ਖੋਲ੍ਹੇ ਜਾ ਰਹੇ ਹਨ। ਉਨ੍ਹਾਂ ਨੂੰ ਪਾਰਟੀ ਨਾਲ ਜੋੜਦਿਆਂ ਉਨ੍ਹਾਂ ਦਾ ਨਾਂ ‘ਆਮ ਆਦਮੀ ਕਲੀਨਿਕ’ ਰੱਖਿਆ ਗਿਆ ਹੈ, ਜਿਸ ਦੀਆਂ ਪਹਿਲੀਆਂ ਤਸਵੀਰਾਂ ਵੀ ਸਾਹਮਣੇ ਆ ਚੁੱਕੀਆਂ ਹਨ।
ਪੰਜਾਬ ਦੀ ‘ਆਪ’ ਸਰਕਾਰ ਦਾ ਦਾਅਵਾ ਹੈ ਕਿ ਇਨ੍ਹਾਂ ‘ਚ ਲੋਕਾਂ ਨੂੰ ਘਰ ਨੇੜੇ ਇਲਾਜ ਦੀਆਂ ਬਿਹਤਰ ਸਹੂਲਤਾਂ ਮਿਲਣਗੀਆਂ। ਆਮ ਆਦਮੀ ਪਾਰਟੀ ਨੇ ਵਿਧਾਨ ਸਭਾ ਚੋਣਾਂ ਵਿੱਚ ਵਾਅਦਾ ਕੀਤਾ ਸੀ ਕਿ ਦਿੱਲੀ ਦੀ ਤਰਜ਼ ’ਤੇ ਪੰਜਾਬ ਵਿੱਚ ਵੀ ਮੁਹੱਲਾ ਕਲੀਨਿਕ ਬਣਾਏ ਜਾਣਗੇ।
ਸ਼ਹਿਰਾਂ ਵਿੱਚ ਵਾਰਡ ਕਲੀਨਿਕ ਅਤੇ ਪਿੰਡਾਂ ਵਿੱਚ ਮੁਹੱਲਾ ਕਲੀਨਿਕ ਬਣਾਏ ਜਾਣਗੇ। ਸ਼ੁਰੂ ਵਿੱਚ ਹਰੇਕ ਵਿਧਾਨ ਸਭਾ ਹਲਕੇ ਵਿੱਚ ਇੱਕ ਮੁਹੱਲਾ ਕਲੀਨਿਕ ਦਾ ਐਲਾਨ ਕੀਤਾ ਗਿਆ ਸੀ। ਹਾਲਾਂਕਿ ਇਸ ਨੂੰ 15 ਅਗਸਤ ਤੋਂ ਸ਼ੁਰੂ ਕਰਨ ਕਰਕੇ ਇਸ ਵੇਲੇ 75 ਕਲੀਨਿਕ ਬਣਾਏ ਜਾ ਰਹੇ ਹਨ। ਇਹ ਅਕਾਲੀ ਸਰਕਾਰ ਦੇ ਸਮੇਂ ਬਣੇ ਸੇਵਾ ਕੇਂਦਰਾਂ ਦੀਆਂ ਖਾਲੀ ਪਈਆਂ ਇਮਾਰਤਾਂ ਵਿੱਚ ਬਣ ਰਹੇ ਹਨ, ਜਿਨ੍ਹਾਂ ਨੂੰ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੇ ਬੰਦ ਕਰ ਦਿੱਤਾ ਸੀ।