ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀ ਕਾਂਡ ਮਾਮਲੇ ਨੂੰ ਲੈ ਕੇ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ CM ਨੂੰ ਲਿਖੀ ਚਿੱਠੀ

0
86
singh

ਅੰਮ੍ਰਿਤਸਰ 20 ਮਈ 2022 : ਅੰਮ੍ਰਿਤਸਰ ਜ਼ਿਲ੍ਹੇ ਦੇ ਉੱਤਰੀ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਇਕ ਪੱਤਰ ਲਿਖਿਆ ਹੈ। ਪੱਤਰ ’ਚ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀ ਕਾਂਡ ਮਾਮਲੇ ਦੀ ਅਦਾਲਤਾਂ ਵਿੱਚ ਚੱਲ ਰਹੇ ਕੇਸਾਂ ’ਤੇ ਰਿੱਟ ਪਟੀਸ਼ਨਾਂ ਦੀ ਸਹੀ ਢੰਗ ਨਾਲ ਜਾਂਚ ਕਰਨ ਦੀ ਮੰਗ ਕੀਤੀ ਹੈ। ਦੱਸ ਦੇਈਏ ਕਿ ਬੇਅਦਬੀ ਮਾਮਲੇ ਨੂੰ ਲੈ ਕੇ ਲਿਖੇ ਗਏ ਇਸ ਪੱਤਰ ਰਾਹੀਂ ਕੁੰਵਰ ਵਿਜੇ ਪ੍ਰਤਾਪ ਨੇ ਆਪਣੀ ‘ਆਪ’ ਸਰਕਾਰ ‘ਤੇ ਕਈ ਤਰ੍ਹਾਂ ਦੇ ਸਵਾਲ ਖੜ੍ਹੇ ਕਰ ਦਿੱਤੇ ਹਨ।

ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਪੱਤਰ ’ਚ ਲਿਖਿਆ ਕਿ ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀ ਕਾਂਡ ਮਾਮਲੇ ਦੀ ਪੰਜਾਬ ਹਰਿਆਣਾ ਹਾਈ ਕੋਰਟ ਤੇ ਸੁਪਰੀਮ ਕੋਰਟ ਵਿੱਚ ਕਈ ਕੇਸ ’ਤੇ ਰਿੱਟ ਪਟੀਸ਼ਨਾਂ ਅਜੇ ਵੀ ਪੈਂਡਿੰਗ ਹਨ। ਸਰਕਾਰ ਇਨ੍ਹਾਂ ਮਾਮਲਿਆਂ ਨੂੰ ਸਹੀ ਢੰਗ ਨਾਲ ਨਹੀਂ ਦੇਖ ਰਹੀ। ਫਰੀਦਕੋਟ ਸੈਸ਼ਨ ਕੋਰਟ ਵਿੱਚ ਚੱਲ ਰਿਹਾ ਇਹ ਕੇਸ ਅੱਗੇ ਨਹੀਂ ਵਧ ਰਿਹਾ। ਮੁੱਖ ਮੰਤਰੀ ਨੂੰ ਬੇਨਤੀ ਕਰਦੇ ਹੋਏ ਵਿਧਾਇਕ ਨੇ ਕਿਹਾ ਕਿ ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਚੱਲ ਰਹੀਆਂ ਪਟੀਸ਼ਨਾਂ ਖ਼ਿਲਾਫ਼ ਖੜ੍ਹੇ ਹੋ ਕੇ ਫਰੀਦਕੋਟ ਸੈਸ਼ਨ ਕੋਰਟ ਵਿੱਚ ਚੱਲ ਰਹੀ ਸੁਣਵਾਈ ਨੂੰ ਅੱਗੇ ਵਧਾਇਆ ਜਾਵੇ।

ਜ਼ਿਕਰਯੋਗ ਹੈ ਕਿ ਕੁੰਵਰ ਵਿਜੇ ਪ੍ਰਤਾਪ ਨੇ ਇਸ ਮਾਮਲੇ ਦੀ ਸਹੀ ਤਰੀਕੇ ਨਾਲ ਜਾਂਚ ਨਾ ਕਰਨ ਦੇ ਵਿਰੋਧ ਵਿੱਚ ਅਸਤੀਫਾ ਦੇ ਦਿੱਤਾ ਸੀ। ਉਨ੍ਹਾਂ ਦੇ ਅਸਤੀਫ਼ੇ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਬਣਾਈ ਐੱਸ.ਆਈ.ਟੀ. ਨੇ ਇਨ੍ਹਾਂ ਕੇਸਾਂ ਨੂੰ ਨੇਪਰੇ ਚਾੜ੍ਹਨ ਦਾ ਕੋਈ ਕੰਮ ਨਹੀਂ ਕੀਤਾ।