ਨਵੀਂ ਦਿੱਲੀ 4 ਜੁਲਾਈ 2022 : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਹਿਮਾਚਲ ਪ੍ਰਦੇਸ਼ ਦੇ ਕੁੱਲੂ ਵਿੱਚ ਵਾਪਰੇ ਬੱਸ ਹਾਦਸੇ ਨੂੰ ਦਿਲ ਦਹਿਲਾ ਦੇਣ ਵਾਲਾ ਕਰਾਰ ਦਿੱਤਾ ਅਤੇ ਹਾਦਸੇ ਵਿੱਚ ਮਾਰੇ ਗਏ ਲੋਕਾਂ ਦੇ ਵਾਰਸਾਂ ਨੂੰ 2-2 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਦੇਣ ਦਾ ਐਲਾਨ ਕੀਤਾ। ਇਕ ਸੀਨੀਅਰ ਪੁਲਸ ਅਧਿਕਾਰੀ ਨੇ ਦੱਸਿਆ ਕਿ ਕੁੱਲੂ ਜ਼ਿਲੇ ‘ਚ ਇਕ ਨਿੱਜੀ ਬੱਸ ਦੇ ਖੱਡ ‘ਚ ਡਿੱਗਣ ਕਾਰਨ ਕੁਝ ਸਕੂਲੀ ਬੱਚਿਆਂ ਸਮੇਤ 16 ਲੋਕਾਂ ਦੀ ਮੌਤ ਹੋ ਗਈ। ਪ੍ਰਧਾਨ ਮੰਤਰੀ ਦਫ਼ਤਰ ਨੇ ਮੋਦੀ ਦੇ ਹਵਾਲੇ ਨਾਲ ਟਵੀਟ ਕੀਤਾ ਕਿ ਹਿਮਾਚਲ ਪ੍ਰਦੇਸ਼ ਦੇ ਕੁੱਲੂ ਵਿੱਚ ਵਾਪਰਿਆ ਬੱਸ ਹਾਦਸਾ ਦਿਲ ਦਹਿਲਾ ਦੇਣ ਵਾਲਾ ਹੈ। ਮੈਂ ਇਸ ਦੁੱਖ ਦੀ ਘੜੀ ਵਿੱਚ ਦੁਖੀ ਪਰਿਵਾਰਾਂ ਪ੍ਰਤੀ ਸੰਵੇਦਨਾ ਪ੍ਰਗਟ ਕਰਦਾ ਹਾਂ।
ਉਨ੍ਹਾਂ ਕਿਹਾ ਕਿ ਮੈਂ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ। ਸਥਾਨਕ ਪ੍ਰਸ਼ਾਸਨ ਹਾਦਸੇ ਦੇ ਪੀੜਤਾਂ ਦੀ ਹਰ ਸੰਭਵ ਮਦਦ ਕਰ ਰਿਹਾ ਹੈ। ਇੱਕ ਹੋਰ ਟਵੀਟ ਵਿੱਚ, ਪ੍ਰਧਾਨ ਮੰਤਰੀ ਦਫ਼ਤਰ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਹਾਦਸੇ ਵਿੱਚ ਮਾਰੇ ਗਏ ਲੋਕਾਂ ਦੇ ਵਾਰਸਾਂ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (PMNRF) ਵਿੱਚੋਂ ਦੋ-ਦੋ ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਮਨਜ਼ੂਰ ਕੀਤੀ ਹੈ। ਉਨ੍ਹਾਂ ਦੱਸਿਆ ਕਿ ਜ਼ਖਮੀਆਂ ਨੂੰ 50,000 ਰੁਪਏ ਦਿੱਤੇ ਜਾਣਗੇ।
ਕੁੱਲੂ ਦੇ ਡਿਪਟੀ ਕਮਿਸ਼ਨਰ ਆਸ਼ੂਤੋਸ਼ ਗਰਗ ਨੇ ਦੱਸਿਆ ਕਿ ਸਾਂਝ ਜਾ ਰਹੀ ਬੱਸ ਸਵੇਰੇ ਕਰੀਬ 8.30 ਵਜੇ ਜੰਗਲਾ ਪਿੰਡ ਨੇੜੇ ਖੱਡ ਵਿੱਚ ਡਿੱਗ ਗਈ। ਉਨ੍ਹਾਂ ਨੇ ਦੱਸਿਆ ਕਿ ਜ਼ਿਲਾ ਅਧਿਕਾਰੀ ਅਤੇ ਬਚਾਅ ਦਲ ਮੌਕੇ ‘ਤੇ ਪਹੁੰਚ ਗਏ ਹਨ ਅਤੇ ਜ਼ਖਮੀਆਂ ਨੂੰ ਨੇੜੇ ਦੇ ਹਸਪਤਾਲ ‘ਚ ਲਿਜਾਇਆ ਜਾ ਰਿਹਾ ਹੈ। ਘਟਨਾ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦੀ ਉਡੀਕ ਹੈ।