Home ਦੋਆਬਾ 300 ਯੂਨਿਟ ਮੁਫਤ ਬਿਜਲੀ ਦੇਣ ਨੂੰ ਲੈ ਕੇ ਸਪੀਕਰ ਕੁਲਤਾਰ ਸਿੰਘ ਸੰਧਵਾਂ...
ਚੰਡੀਗੜ੍ਹ 18 ਅਪ੍ਰੈਲ 2022 : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਦੇ ਲੋਕਾਂ ਨੂੰ ਹਰ ਮਹੀਨੇ 300 ਯੂਨਿਟ ਮੁਫਤ ਬਿਜਲੀ ਦੇਣ ਦੇ ਐਲਾਨ ਨੂੰ ਇਤਿਹਾਸਕ ਕਰਾਰ ਦਿੱਤਾ ਹੈ। ਸੰਧਵਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਵੋਟਾਂ ਦੌਰਾਨ ਸੂਬੇ ਦੇ ਲੋਕਾਂ ਨੂੰ 300 ਯੂਨਿਟ ਬਿਜਲੀ ਮੁਆਫ ਕਰਨ ਦੀ ਗਾਰੰਟੀ ਦਿੱਤੀ ਸੀ।
ਇਸ ਗਾਰੰਟੀ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਲਾਗੂ ਕਰ ਦਿੱਤਾ ਹੈ। ਇਸ ਫੈਸਲੇ ਦਾ ਚਾਰੇ ਪਾਸੇ ਸਵਾਗਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕਰਨ ਵੱਲ ਵਧ ਰਹੀ ਹੈ ਅਤੇ ਬਿਜਲੀ ਮੁਫ਼ਤ ਦੇਣ ਦਾ ਐਲਾਨ ਇੱਕ ਵੱਡਾ ਕਦਮ ਹੈ। ਸਪੀਕਰ ਨੇ ਕਿਹਾ ਕਿ ਰਵਾਇਤੀ ਪਾਰਟੀਆਂ ਦੇ ਉਲਟ ਸੂਬਾ ਸਰਕਾਰ ਵੱਲੋਂ ਮੁੱਢਲੇ ਪੜਾਅ ’ਤੇ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਦੀ ਸ਼ੁਰੂਆਤ ਸ਼ੁੱਭ ਸੰਕੇਤ ਹੈ।
ਦੋ ਮਹੀਨਿਆਂ ਵਿੱਚ 600 ਯੂਨਿਟ ਮੁਫਤ ਬਿਜਲੀ ਮਿਲਣ ਨਾਲ ਗਰੀਬ ਅਤੇ ਮਜ਼ਦੂਰ ਪਰਿਵਾਰਾਂ ਨੂੰ ਵੱਡੀ ਰਾਹਤ ਮਿਲੇਗੀ। ਇਸ ਦੇ ਨਾਲ ਹੀ ਇਹ ਆਮ ਲੋਕਾਂ ਨੂੰ ਬਿਜਲੀ ਦੀ ਬੱਚਤ ਲਈ ਵੀ ਪ੍ਰੇਰਿਤ ਕਰੇਗਾ। ਆਉਣ ਵਾਲੇ ਸਮੇਂ ਵਿੱਚ ਪੰਜਾਬ ਸਰਕਾਰ ਵੱਲੋਂ ਲੋਕਾਂ ਲਈ ਭਲਾਈ ਸਕੀਮਾਂ ਲਾਗੂ ਕਰਕੇ ਵੱਧ ਤੋਂ ਵੱਧ ਲੋਕ ਪੱਖੀ ਫੈਸਲੇ ਲਏ ਜਾਣਗੇ ਅਤੇ ਰਾਜਾਂ ਨੂੰ ਹਰ ਪੱਧਰ ਤੇ ਹਰ ਪੱਖੋਂ ਬਿਹਤਰ ਸੂਬਾ ਬਣਾਇਆ ਜਾਵੇਗਾ।