ਜਹਾਂਗੀਰਪੁਰ ਮਾਮਲਾ : ਸੁਪਰੀਮ ਕੋਰਟ ਨੇ ਦਿੱਲੀ ਨਗਰ ਨਿਗਮ ਵਲੋਂ ਕਬਜ਼ੇ ਨੂੰ ਲੈ ਕੇ ਚਲਾਈ ਜਾ ਰਹੀ ਮੁਹਿੰਮ ‘ਤੇ ਲਗਾਈ ਰੋਕ

0
197
delhi

ਨਵੀਂ ਦਿੱਲੀ 20 ਅਪ੍ਰੈਲ 2022 : ਦਿੱਲੀ ਦੇ ਜਹਾਂਗੀਰਪੁਰੀ ‘ਚ ਹੋਈ ਹਿੰਸਾ ਤੋਂ ਬਾਅਦ ਸੁਪਰੀਮ ਕੋਰਟ ਨੇ ਦਿੱਲੀ ਨਗਰ ਨਿਗਮ ਵਲੋਂ ਕਬਜ਼ੇ ਨੂੰ ਲੈ ਕੇ ਚਲਾਈ ਜਾ ਰਹੀ ਮੁਹਿੰਮ ‘ਤੇ ਰੋਕ ਲਗਾ ਦਿੱਤੀ ਹੈ। ਅਦਾਲਤ ਨੇ ਜਹਾਂਗੀਰਪੁਰੀ ਵਿੱਚ ਉੱਤਰੀ ਦਿੱਲੀ ਨਗਰ ਨਿਗਮ ਵੱਲੋਂ ਕਬਜ਼ਿਆਂ ਖ਼ਿਲਾਫ਼ ਚਲਾਈ ਮੁਹਿੰਮ ’ਤੇ ਸਥਿਤੀ ਜਿਉਂ ਦੀ ਤਿਉਂ ਬਣਾਈ ਰੱਖਣ ਦੇ ਹੁਕਮ ਦਿੱਤੇ ਹਨ।

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਜਮੀਅਤ ਉਲੇਮਾ-ਏ-ਹਿੰਦ ਨੇ ਯੂਪੀ, ਐਮਪੀ ਵਿੱਚ ਹਿੰਸਾ ਦੇ ਦੋਸ਼ੀਆਂ ਦੀਆਂ ਜਾਇਦਾਦਾਂ ਨੂੰ ਢਾਹੁਣ ਵਿਰੁੱਧ ਪਟੀਸ਼ਨ ਦਾਇਰ ਕੀਤੀ ਹੈ। ਹੁਣ ਉਲੇਮਾ-ਏ-ਹਿੰਦ ਨੇ ਜਹਾਂਗੀਰਪੁਰੀ ਵਿੱਚ ਬੁਲਡੋਜ਼ਰ ਦੀ ਕਾਰਵਾਈ ਦਾ ਮੁੱਦਾ ਸੁਪਰੀਮ ਕੋਰਟ ਦੇ ਸਾਹਮਣੇ ਉਠਾਇਆ ਹੈ ਅਤੇ ਜਲਦੀ ਸੁਣਵਾਈ ਦੀ ਮੰਗ ਕੀਤੀ ਹੈ।

ਜ਼ਿਕਰਯੋਗ ਹੈ ਕਿ ਬੁੱਧਵਾਰ ਨੂੰ ਦਿੱਲੀ ਦੇ ਜਹਾਂਗੀਰਪੁਰੀ ‘ਚ ਹਿੰਸਾ ਦੇ ਦੋਸ਼ੀਆਂ ਦੀਆਂ ਗੈਰ-ਕਾਨੂੰਨੀ ਜਾਇਦਾਦਾਂ ‘ਤੇ ਬੁਲਡੋਜ਼ਰ ਚਲਾਇਆ ਜਾ ਰਿਹਾ ਹੈ। ਉੱਤਰੀ ਦਿੱਲੀ ਨਗਰ ਨਿਗਮ ਦਾ ਕਹਿਣਾ ਹੈ ਕਿ ਇਹ ਕਾਰਵਾਈ ਨਾਜਾਇਜ਼ ਜਾਇਦਾਦਾਂ ਅਤੇ ਕਬਜ਼ਿਆਂ ‘ਤੇ ਕੀਤੀ ਜਾ ਰਹੀ ਹੈ। ਇਸ ਕਾਰਵਾਈ ਦੇ ਮੱਦੇਨਜ਼ਰ ਕਰੀਬ 1500 ਜਵਾਨਾਂ ਨੂੰ ਤਾਇਨਾਤ ਕੀਤਾ ਗਿਆ ਹੈ।

ਦੱਸ ਦੇਈਏ ਕਿ ਸ਼ਨੀਵਾਰ ਨੂੰ ਹਨੂੰਮਾਨ ਜੈਅੰਤੀ ਦੇ ਮੌਕੇ ‘ਤੇ ਜਹਾਂਗੀਰਪੁਰੀ ‘ਚ ਹਿੰਸਾ ਹੋਈ ਸੀ। ਜਿਸ ਤੋਂ ਬਾਅਦ ਉੱਤਰੀ ਦਿੱਲੀ ਨਗਰ ਨਿਗਮ ਨੇ 20 ਅਤੇ 21 ਅਪ੍ਰੈਲ ਨੂੰ ਹਿੰਸਾ ਦੇ ਦੋਸ਼ੀਆਂ ਦੀਆਂ ਗੈਰ-ਕਾਨੂੰਨੀ ਜਾਇਦਾਦਾਂ ‘ਤੇ ਬੁਲਡੋਜ਼ਰ ਚਲਾਉਣ ਦਾ ਐਲਾਨ ਕੀਤਾ ਹੈ। ਭਾਜਪਾ ਨੇ ਯੂਪੀ, ਐਮਪੀ ਅਤੇ ਗੁਜਰਾਤ ਵਿੱਚ ਅਜਿਹੀ ਕਾਰਵਾਈ ਕੀਤੇ ਜਾਣ ਤੋਂ ਪਹਿਲਾਂ ਹਿੰਸਾ ਦੇ ਦੋਸ਼ੀ ਲੋਕਾਂ ਦੀਆਂ ਗੈਰ-ਕਾਨੂੰਨੀ ਉਸਾਰੀਆਂ ‘ਤੇ ਬੁਲਡੋਜ਼ਰ ਚਲਾਉਣ ਦੀ ਮੰਗ ਵੀ ਕੀਤੀ ਸੀ।